October 14, 2026
Maan / Mansa
ਮਾਨਸਾ, 14 ਅਕਤੂਬਰ (ਮਾਨ):—ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਜਿਸ ਦਾ ਬੀਤੇ ਦਿਨੀ ਕਤਲ ਕਰ ਦਿੱਤਾ ਗਿਆ ਸੀ ਮਾਮਲੇ ਵਿੱਚ ਵੱਖ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਵਜੋਂ 15 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਦੀ ਹਮਾਇਤ ਕੀਤੀ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਹੈ
ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਰਜਿਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਸ਼ਾਸਨ ਵੱਲੋਂ ਉਸਦੇ ਘਰ ਅਤੇ ਦੁਕਾਨ ਉੱਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ ।ਘਰ ’ਤੇ ਜੇ.ਸੀ.ਬੀ. ਮਸ਼ੀਨ ਰਾਹੀਂ ਕਾਰਵਾਈ ਕੀਤੇ ਜਾਣ ਦੌਰਾਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਸੀ ਇਸ ਤੋਂ ਬਾਅਦ ਭੜਕੇ ਲੋਕਾਂ ਨੇ ਦੁਕਾਨ ਨੂੰ ਅੱਗ ਲਗਾ ਦਿੱਤੀ । ਪ੍ਰਸ਼ਾਸਨ ਨੇ ਅਸ਼ਵਨੀ ਕੁਮਾਰ ਦਾ ਘਰ ਉਪਰ ਵੀ ਬੁਲਡੋਜ਼ਰ ਚਲਾ ਦਿੱਤਾ ਅਤੇ ਉਸ ਨੂੰ ਮਲੀਆਮੇਟ ਕਰ ਦਿੱਤਾ ।ਇਸ ਕਾਰਵਾਈ ਨਾਲ ਇਲਾਕੇ ਵਿੱਚ ਚਰਚਾ ਤੇਜ਼ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ, ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਦੇ ਅਧਿਕਾਰਤ ਆਧਾਰ ਅਤੇ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਮਾਨਸਾ ਪੁਲੀਸ ਵੱਲੋਂ ਇਸ ਗ੍ਰਿਫ਼ਤਾਰੀ ਸਬੰਧੀ ਅਧਿਕਾਰਤ ਪੁਸ਼ਟੀ ਕੀਤੇ ਜਾਣ ਦੀ ਜਾਣਕਾਰੀ ਨਹੀਂ ਮਿਲੀ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਵਿਵਾਦ ਹੋ ਗਿਆ ਸੀ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ।
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਹੈ। ਪ੍ਰਦਰਸ਼ਨਕਾਰੀ ਕਤਲ ਮਾਮਲੇ ਵਿੱਚ ਸਖ਼ਤ ਕਾਰਵਾਈ ਅਤੇ ਆਪਣੀਆਂ ਹੋਰ ਮੰਗਾਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ।
ਪੰਜਾਬ ਬੰਦ ਨੂੰ ਮੁੱਖ ਰੱਖਦਿਆਂ ਰਾਜ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ।
Powered by Froala Editor
15