October 16, 2026
Jassi / Chandigarh
ਚੰਡੀਗੜ੍ਹ 16 ਅਕਤੂਬਰ ( ਨਰੂਲਾ ):-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਜੋ ਕਾਫ਼ੀ ਸਮੇਂ ਤੋਂ ਰੂਪੋਸ ਸਨ ਅੱਜ ਸੀਬੀਆਈ ਅੱਗੇ ਪੇਸ਼ ਹੋ ਗਏ ।ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ।
ਇਸ ਤੋਂ ਪਹਿਲਾਂ ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐੱਫਆਈਆਰ ’ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ।
ਅਦਾਲਤ ਦੇ ਫ਼ੈਸਲੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪੁੱਜ ਗਈ ਅਤੇ ਸਪੈਸ਼ਲ ਲੀਵ ਪਟੀਸ਼ਨ (ਐੱਸਐੱਲਪੀ) ਦਾਇਰ ਕਰ ਦਿੱਤੀ ।
ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀਬੀਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜੀ ਦੇ ਦੋਸ਼ ਲਗਾਏ ਗਏ ਹਨ । ਦਰਜ ਐਫ ਆਈ ਆਰ ਵਿੱਚ ਵੱਖ ਵੱਖ-ਵੱਖ ਵਿਭਾਗਾਂ ਦਾ ਜ਼ਿਕਰ ਹੈ ਅਤੇ ਸੀ ਬੀ ਆਈ ਵੱਲੋਂ ਇਨ੍ਹਾਂ ਨਾਲ ਸਬੰਧਤ ਫਾਈਲਾਂ ਮੰਗ ਲਈਆਂ ਗਈਆਂ ਹਨ ।
Powered by Froala Editor