September 27, 2024

ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ
ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਉਭਾਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਪ੍ਰਣ ਲਿਆ
ਚੰਡੀਗੜ੍ਹ, 27 ਸਤੰਬਰ:
ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ ਅਤੇ ਜਸਕੀਰਤ ਕੌਰ ਵੀ ਹਾਜ਼ਰ ਸਨ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ।
ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ।
ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
Powered by Froala Editor