July 12, 2026
Narula / Patiala
*ਚੰਡੀਗੜ੍ਹ, 12 ਜੁਲਾਈ
ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।
ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।
ਸ੍ਰੀਮਤੀ ਮਿਤਰਾ ਨੇ ਕਿਹਾ, "ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।"
Powered by Froala Editor
2 30