September 17, 2026
Jassi / Chandigarh
ਐੱਸ. ਏ. ਐੱਸ. ਨਗਰ (ਮੁਹਾਲੀ), 17 ਸਤੰਬਰ 2026
ਪੰਜਾਬ ਸਬਆਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਪੀ. ਐੱਸ. ਐੱਸ.ਐੱਸ. ਬੀ.) ਦੀ ਸਾਲ 2006 ਦੀ ਅਧਿਆਪਕ ਭਰਤੀ ਨਾਲ ਜੁੜੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਇੱਕ ਅਹਿਮ ਫ਼ੈਸਲਾ ਸੁਣਾਇਆ। ਵਿਸ਼ੇਸ਼ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਬੋਰਡ ਦੇ ਤਤਕਾਲੀ ਚੇਅਰਮੈਨ ਅਤੇ ਸੇਵਾ ਮੁਕਤ ਬ੍ਰਿਗੇਡੀਅਰ ਚਰਨਜੀਵ ਸਿੰਘ ਹਰੀਕਾ ਅਤੇ ਕੰਪਿਊਟਰ ਏਜੰਸੀ ਦੇ ਮਾਲਕ ਗੁਰਪਾਲ ਸਿੰਘ ਨੂੰ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਉਥੇ ਹੀ ਬੋਰਡ ਦੇ ਤਤਕਾਲੀ ਸੁਪਰਡੈਂਟ ਬਲਵੰਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ।
ਅਦਾਲਤ ਨੇ ਬਲਵੰਤ ਸਿੰਘ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 420 ਤਹਿਤ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਤਹਿਤ ਵੀ ਉਸ ਨੂੰ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ।
ਕੋਰਟ ਵਿੱਚ ਚੱਲ ਰਹੇ ਕੇਸ ਮੁਤਾਬਕ 2006 ਵਿੱਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਹੋਇਆ ਸੀ ਅਤੇ ਲਗਭਗ 65 ਹਜ਼ਾਰ ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਜਾਂਚ ਦੌਰਾਨ ਮੈਰਿਟ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਸੂਚੀਆਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਸਾਹਮਣੇ ਆਏ ਸਨ। ਜਾਂਚ ਵਿੱਚ 52 ਉਮੀਦਵਾਰਾਂ ਦੇ ਅੰਕਾਂ ਵਿੱਚ ਹੇਰਾਫੇਰੀ ਅਤੇ ਘੱਟ ਮੈਰਿਟ ਵਾਲੇ 86 ਉਮੀਦਵਾਰਾਂ ਦੀ ਚੋਣ ਸਮੇਤ ਕਈ ਬੇਨਿਯਮੀਆਂ ਦਰਜ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਲਈ ਸਬੰਧਤ ਸੁਪਰਡੈਂਟ ਨੂੰ ਦੋਸ਼ੀ ਠਹਿਰਾਇਆ ਗਿਆ ਹੈ ।
Powered by Froala Editor
SSS Board 4