October 16, 2024

ਅੰਮ੍ਰਿਤਸਰ, 16 ਅਕਤੂਬਰ:-
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਅੱਜ ਇੱਕ ਵੀਡੀਉ ਜਾਰੀ ਕਰਕੇ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਉਨਾਂ ਨੇ ਆਪਣੇ ਪਰਿਵਾਰ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਉਹਨਾਂ ਨੂੰ ਦਿੱਤੀ ਗੱਡੀ ਅਤੇ ਸਕਿਉਰਿਟੀ ਵਾਪਸ ਲੈ ਲੈਣ ਕਿਉਂਕਿ ਹੁਣ ਉਹ ਇੱਕ ਨਿਮਾਣੇ ਸਿੱਖ ਵਜੋਂ ਵਿਚਰਣਗੇ ਅਤੇ ਸਕਿਉਰਿਟੀ ਨੂੰ ਉਹ ‘ਐਫ਼ੋਰਡ’ ਨਹੀਂ ਕਰਦੇ।
ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਰਹੇ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਨ ਅਤੇ ਬੀਤੇ ਦਿਨੀਂ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਆਪਣੀ ਭੂਮਿਕਾ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਸਨ।
ਗਿਆਨੀ ਹਰਪ੍ਰੀਤ ਸਿੰਘ ਬੀਤੇ ਕਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਉਸ ਮੀਟਿੰਗ ਵਿੱਚ ਹਾਜ਼ਰ ਸਨ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢੇ ਜਾਣ ਦੇ ਆਦੇਸ਼ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਆਪਣੇ ਖ਼ਿਲਾਫ਼ ਆਏ ਫ਼ੈਸਲੇ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਜਿੱਥੇ ਇਸ ਫ਼ੈਸਲੇ ਨੂੰ ‘ਨਿਮਾਣੇ ਸਿੱਖ’ ਵਜੋਂ ਪ੍ਰਵਾਨ ਕਰਨ ਦੀ ਗੱਲ ਆਖ਼ੀ ਸੀ ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਸਿੱਧੇ ਅਤੇ ਸਪਸ਼ਟ ਤੌਰ ’ਤੇ ਮੋਰਚਾ ਖੋਲ੍ਹ ਦਿੱਤਾ ਸੀ। ਵਲਟੋਹਾ ਨੇ ਦੋਸ਼ ਲਾਏ ਸਨ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਹੀ ਜਥੇਦਾਰਾਂ ਦੀ ਮੀਟਿੰਗ ਨੂੰ ਹਾਈਜੈਕ ਕਰ ਲਿਆ ਸੀ ਅਤੇ ਇਸ ਫ਼ੈਸਲੇ ਦੇ ਮਗਰ ਉਹੀ ਸਨ।
ਆਪਣੇ ਵੀਡੀਉ ਸੁਨੇਹੇ ਵਿੱਚ ਬਹੁਤ ਹੀ ਭਾਵੁਕ ਨਜ਼ਰ ਆਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਕਲ੍ਹ ਦੇ ਫ਼ੈਸਲੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਲਗਾਤਾਰ ਕਿਰਦਾਰਕੁਸ਼ੀ ਕਰ ਰਿਹਾ ਹੈ ਅਤੇ ਖ਼ਾਸ ਤੌਰ ’ਤੇ ਮੈਨੂੰ ਨਿਸ਼ਾਨਾ ਬਣਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਵਲਟੋਹਾ ਵੱਲੋਂ ਨੀਚਤਾ ਦੀਆਂ ਹੱਦਾਂ ਪਾਜਰ ਕਰਦਿਆਂ ਉਨ੍ਹਾਂ ਨੂੰ ਇਹ ਸੁਨੇਹੇ ਭਿਜਵਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰ ਨੂੰ ਨੰਗਿਆਂ ਕੀਤਾ ਜਾਵੇਗਾ ਅਤੇ ਮੇਰੀਆਂ ਧੀਆਂ ਤਕ ਬਾਰੇ ਗ਼ਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਜੋ ਬਰਦਾਸ਼ਤ ਤੋਂ ਬਾਹਰ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਵਲਟੋਹਾ ਤੋਂ ਡਰਨ ਵਾਲੇ ਨਹੀਂ ਹਨ ਪਰ ਦੁੱਖ ਇਸ ਗੱਲ ਦਾ ਹੈ ਕਿ ਇਸ ਗੱਲ ਦੀ ਪੁਸ਼ਤਪਨਾਹੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਕਰ ਰਿਹਾ ਹੈ ਅਤੇ ਉਹ ‘ਥਰਡ ਕਲਾਸ’ ਅਕਾਲੀ ਆਗੂ ਵੀ ਹਨ ਜਿਨ੍ਹਾਂ ਨੂੰ ਪੰਥਕ ਪ੍ਰੰਪਰਾਵਾਂ ਦਾ ਉੱਕਾ ਹੀ ਗਿਆਨ ਨਹੀਂ ਹੈ, ਅਤੇ ਇਹ ਗੱਲ ਬਹੁਤ ਦੁਖ਼ੀ ਕਰਦੀ ਹੈ।
Powered by Froala Editor